ਗੁਰਦਾਸਪੁਰ: ਬੱਚਿਆਂ ਵੱਲੋਂ ਭੀਖ ਮੰਗਣ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ "ਜੀਵਨਜੀਤ-2" ਪ੍ਰੋਜੈਕਟ ਅਧੀਨ, ਗੁਰਦਾਸਪੁਰ ਵਿੱਚ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਇਕ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਸਿੰਘ, ਪ੍ਰੋਗਰਾਮ ਅਫ਼ਸਰ ਜਸਮੀਤ ਕੌਰ ਅਤੇ ਬਾਲ ਭਲਾਈ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।
ਡੀਸੀ ਨੇ ਸਪੱਸ਼ਟ ਆਦੇਸ਼ ਜਾਰੀ ਕੀਤੇ ਕਿ ਜ਼ਿਲ੍ਹੇ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਮੁੱਖ ਚੌਕਾਂ 'ਤੇ ਛਾਪੇਮਾਰੀ ਕਰਕੇ ਭੀਖ ਮੰਗ ਰਹੇ ਬੱਚਿਆਂ ਨੂੰ ਫੜਿਆ ਜਾਵੇ। ਫੜੇ ਗਏ ਬੱਚਿਆਂ ਦੇ ਮਾਪਿਆਂ ਨੂੰ ਸੂਚਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਆਉਣ 'ਤੇ ਹੀ ਬੱਚਿਆਂ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾਵੇਗਾ। ਜਦ ਤੱਕ ਮਾਪੇ ਨਹੀਂ ਪਹੁੰਚਦੇ, ਤਦ ਤੱਕ ਬੱਚਿਆਂ ਨੂੰ ਸ਼ੈਲਟਰ ਹੋਮ ਵਿੱਚ ਰੱਖਿਆ ਜਾਵੇਗਾ।ਖ਼ਾਸ ਗੱਲ ਇਹ ਹੈ ਕਿ ਭੀਖ ਮੰਗਦੇ ਫੜੇ ਗਏ ਬੱਚਿਆਂ ਦੇ DNA ਟੈਸਟ ਵੀ ਕਰਵਾਏ ਜਾਣਗੇ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਬੱਚੇ ਆਪਣੇ ਮਾਪਿਆਂ ਦੇ ਹੀ ਹਨ ਜਾਂ ਨਹੀਂ।ਅੰਤ ਵਿੱਚ ਡੀਸੀ ਨੇ ਸਾਰੇ ਅਧਿਕਾਰੀਆਂ ਨੂੰ ਕਿਹਾ ਕਿ ਬਾਲ ਮਜ਼ਦੂਰੀ ਅਤੇ ਭਿੱਖਿਆ ਨੂੰ ਸਮਾਪਤ ਕਰਨ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾਵੇ।