ਗੁਰਦਾਸਪੁਰ: ਜ਼ਿਲ੍ਹੇ ਵਿੱਚ ਨਸ਼ਿਆਂ ਦੇ ਫੈਲਾਅ ਨੂੰ ਰੋਕਣ ਅਤੇ ਸਮਾਜ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਪੁਲਸ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਇੱਕ ਹੋਰ ਸਫਲਤਾ ਹਾਸਲ ਕੀਤੀ ਗਈ ਹੈ। ਥਾਣਾ ਬਹਿਰਾਮਪੁਰ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਰਾਜਨ ਨੂੰ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਤੋਂ 32 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਪੁਲਸ ਨੇ ਇਸ ਸਬੰਧੀ ਰਾਜਨ ਖ਼ਿਲਾਫ NDPS ਐਕਟ ਦੀ ਧਾਰਾ 22, 61 ਅਤੇ 85 ਅਧੀਨ ਮਾਮਲਾ ਦਰਜ ਕਰਕੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਦੋਸ਼ੀ ਇਹ ਗੋਲੀਆਂ ਕਿੱਥੋਂ ਲਿਆਇਆ ਸੀ ਅਤੇ ਉਹਨਾਂ ਦਾ ਮਨੋਰਥ ਕੀ ਸੀ।
ਇਸ ਮਾਮਲੇ 'ਤੇ ਗੁਰਦਾਸਪੁਰ ਦੇ ਐਸਐਸਪੀ ਆਦਿਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਆਪਣੇ ਇਲਾਕੇ ਵਿੱਚ ਗੈਰ-ਕਾਨੂੰਨੀ ਤੌਰ 'ਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ। ਪੁਲਸ ਵੱਲੋਂ ਇਹ ਭਰੋਸਾ ਦਿਵਾਇਆ ਗਿਆ ਹੈ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਅਤੇ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐਸਐਸਪੀ ਨੇ ਕਿਹਾ ਕਿ ਗੁਰਦਾਸਪੁਰ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇ ਅਤੇ ਇਸ ਬੁਰਾਈ ਵਿੱਚ ਸ਼ਾਮਲ ਮਾੜੇ ਅਨਸਰਾਂ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾਵੇ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਤੋਂ ਮੁਕਤ ਸਮਾਜ ਬਣਾਉਣ ਲਈ ਪੁਲਸ ਅਤੇ ਲੋਕਾਂ ਦਾ ਮਿਲ ਜੁਲ ਕੇ ਕੰਮ ਕਰਨਾ ਬਹੁਤ ਜ਼ਰੂਰੀ ਹੈ।