ਬਟਾਲਾ :
ਅਜ਼ਾਦੀ ਦਿਹਾੜੇ ਦੇ ਜ਼ਿਲਾ ਪੱਧਰੀ ਸਮਾਰੋਹ ਵਿੱਚ ਕੌਮੀ ਝੰਡਾ ਲਹਿਰਾਉਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪਹੁੰਚੇ। ਸਮਾਰੋਹ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਤੇ ਜ਼ਿਲਾ ਪਲੈਨਿੰਗ ਬੋਰਡ ਦੇ ਚੇਅਰਮੈਨ ਜੋਬਨਪ੍ਰੀਤ ਸਿੰਘ ਰੰਧਾਵਾ ਦੇ ਘਰ, ਫਤਹਿਗੜ੍ਹ ਚੂੜੀਆ, ਵੀ ਗਏ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੌਜਵਾਨਾਂ ਨੂੰ ਅੱਗੇ ਲਿਆਉਣ ਲਈ ਵੱਡੇ ਕਦਮ ਚੁੱਕ ਰਹੀ ਹੈ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਉਹਨਾਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਾਲ ਹੀ ਪਾਰਟੀ ਦੇ ਨੌਜਵਾਨ ਕਾਰਕੁਨਾਂ ਨੂੰ ਵੱਡੇ ਅਹੁਦੇ ਤੇ ਮਹੱਤਵਪੂਰਨ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਉਹ ਸਿਆਸੀ ਤੇ ਸਮਾਜਿਕ ਮੈਦਾਨ ਵਿੱਚ ਆਪਣਾ ਯੋਗਦਾਨ ਪਾ ਸਕਣ।
ਜ਼ਿਲਾ ਪ੍ਰਧਾਨ ਜੋਬਨਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਹਨਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇੱਕ ਆਮ ਪਰਿਵਾਰ ਤੋਂ ਹੋਣ ਦੇ ਬਾਵਜੂਦ ਪਾਰਟੀ ਨੇ ਉਹਨਾਂ ‘ਤੇ ਭਰੋਸਾ ਕਰਕੇ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਹੈ। ਉਹ ਇਸ ਜ਼ਿੰਮੇਵਾਰੀ ਨੂੰ ਪੂਰੇ ਜਜ਼ਬੇ ਨਾਲ ਨਿਭਾ ਰਹੇ ਹਨ। ਰੰਧਾਵਾ ਨੇ ਇਹ ਵੀ ਦੱਸਿਆ ਕਿ ਮੰਤਰੀ ਮੁੰਡੀਆਂ ਨੇ ਯਕੀਨ ਦਵਾਇਆ ਹੈ ਕਿ ਹਲਕੇ ਅਤੇ ਜ਼ਿਲੇ ਦੇ ਵਿਕਾਸ ਕਾਰਜਾਂ ਵਿੱਚ ਉਹ ਪੂਰਾ ਸਹਿਯੋਗ ਦੇਣਗੇ।