ਗੁਰਦਾਸਪੁਰ: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਹਾਲਾਤ ਗੰਭੀਰ ਬਣੇ ਹੋਏ ਹਨ। ਖਾਸਕਰ ਰਾਵੀ ਦਰਿਆ ਦੇ ਨੇੜਲੇ ਪਿੰਡਾਂ ਵਿੱਚ ਪਾਣੀ ਘੁੱਸ ਜਾਣ ਨਾਲ ਲੋਕ ਘਰਾਂ ਵਿੱਚ ਫਸੇ ਹੋਏ ਹਨ। ਇਨ੍ਹਾਂ ਹਾਲਾਤਾਂ ਵਿੱਚ ਰਾਹਤ ਸਮੱਗਰੀ ਪਹੁੰਚਾਉਣ ਲਈ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਨਵੀਂ ਪਹਿਲਕਦਮੀ ਕੀਤੀ ਗਈ ਹੈ। ਪ੍ਰਸ਼ਾਸਨ ਨੇ ਖੇਤੀਬਾੜੀ ਕੰਮਾਂ ਲਈ ਵਰਤੇ ਜਾਣ ਵਾਲੇ ਡਰੋਨ ਦੀ ਮਦਦ ਨਾਲ ਪ੍ਰਭਾਵਿਤ ਲੋਕਾਂ ਤੱਕ ਖਾਣ-ਪੀਣ ਦੀਆਂ ਚੀਜ਼ਾਂ, ਦਵਾਈਆਂ ਅਤੇ ਪੀਣ ਵਾਲਾ ਪਾਣੀ ਪਹੁੰਚਾਉਣ ਦੀ ਸ਼ੁਰੂਆਤ ਕੀਤੀ ਹੈ।
ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ ਨੇ ਦੱਸਿਆ ਕਿ ਰਾਵੀ ਦਰਿਆ ਦੇ ਨਾਲ ਲੱਗਦੇ ਕਈ ਪਿੰਡਾਂ ਵਿੱਚ ਹੜ੍ਹ ਦਾ ਪਾਣੀ ਹੋਣ ਕਰਕੇ ਪ੍ਰਸ਼ਾਸਨ ਦੀਆਂ ਟੀਮਾਂ ਲਈ ਰਾਹਤ ਸਮੱਗਰੀ ਪਹੁੰਚਾਉਣਾ ਮੁਸ਼ਕਲ ਬਣ ਰਿਹਾ ਸੀ। ਇਸੇ ਲਈ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਹੇਠ ਡਰੋਨ ਦੀ ਮਦਦ ਨਾਲ ਰਾਹਤ ਸਮੱਗਰੀ ਭੇਜਣ ਦਾ ਫੈਸਲਾ ਕੀਤਾ ਗਿਆ।
ਡਾ. ਸ਼ਰਮਾ ਨੇ ਕਿਹਾ ਕਿ ਅੱਜ ਕੀਤਾ ਗਿਆ ਇਹ ਟਰਾਇਲ ਪੂਰੀ ਤਰ੍ਹਾਂ ਸਫਲ ਰਿਹਾ ਹੈ। ਡਰੋਨ ਜਦੋਂ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਲੈ ਕੇ ਪਹੁੰਚਦਾ ਹੈ ਤਾਂ ਲੋਕ ਉਸ ਨਾਲ ਬੱਧੇ ਪੈਕਟ ਲਾਹ ਕੇ ਵਰਤਦੇ ਹਨ। ਉਨ੍ਹਾਂ ਦੱਸਿਆ ਕਿ ਡਰੋਨ ਰਾਹੀਂ ਸੁੱਕਾ ਰਾਸ਼ਨ, ਪੀਣ ਵਾਲਾ ਪਾਣੀ ਅਤੇ ਲੋੜੀਂਦੀਆਂ ਦਵਾਈਆਂ ਪਹੁੰਚਾਈਆਂ ਜਾ ਰਹੀਆਂ ਹਨ।
ਐੱਸ.ਡੀ.ਐੱਮ. ਦੇ ਅਨੁਸਾਰ, ਇਹ ਪ੍ਰਯੋਗ ਹੜ੍ਹ ਵਿੱਚ ਫਸੇ ਲੋਕਾਂ ਲਈ ਬਹੁਤ ਮਦਦਗਾਰ ਸਾਬਤ ਹੋਵੇਗਾ। ਹੁਣ ਇਸ ਸਿਸਟਮ ਨੂੰ ਰੋਜ਼ਾਨਾ ਦੇ ਆਧਾਰ ’ਤੇ ਚਲਾਇਆ ਜਾਵੇਗਾ ਤਾਂ ਜੋ ਕਿਸੇ ਵੀ ਪ੍ਰਭਾਵਿਤ ਪਿੰਡ ਵਿੱਚ ਰਾਹਤ ਪਹੁੰਚਣ ਵਿੱਚ ਦੇਰੀ ਨਾ ਹੋਵੇ।
ਇਸ ਮੌਕੇ ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ, ਬੀ.ਡੀ.ਪੀ.ਓ. ਅਮਨਦੀਪ ਕੌਰ ਅਤੇ ਧੀਰਜ ਸ਼ਰਮਾ ਵੀ ਮੌਜੂਦ ਸਨ।